ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ ਲਹਿਰਾਇਆ।
ਉਨ੍ਹਾਂ ਇਸ ਮੌਕੇ ਦੇਸ਼ ਦੇ ਮਹਾਨ ਆਜ਼ਾਦੀ ਪ੍ਰਵਾਨਿਆਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੀ ਪ੍ਰਤੀਬੱਧਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕਣ ਤੋਂ ਬਣੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾ ਕੇ ਆਪਣੀ ਆਜ਼ਾਦੀ ਪ੍ਰਵਾਨਿਆਂ ਪ੍ਰਤੀ ਸ਼ਰਧਾ ਦਾ ਪ੍ਰਮਾਣ ਦਿੱਤਾ ਹੈ।
ਬੈਂਸ ਨੇ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸ. ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਬਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਲਈ ਕੇਂਦਰ ਸਰਕਾਰ ਅੱਗੇ ਮੰਗ ਵੀ ਰੱਖੀ ਹੈ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ।
ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।
ਇਸੇ ਤਰ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿਛਲੇ ਕਰੀਬ 28 ਮਹੀਨਿਆਂ ਦੌਰਾਨ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਸੂਬੇ ਵਿੱਚ ਪੁਲਿਸ ਫੋਰਸ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸਾਲ 1800 ਸਿਪਾਹੀ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਪਿਛਲੇ 28 ਮਹੀਨਿਆਂ ਦੌਰਾਨ ਸੂਬੇ ਵਿੱਚ 4208 ਪਲੇਸਮੈਂਟ ਕੈਂਪ ਲਗਾਏ ਗਏ, ਜਿਨ੍ਹਾਂ ਵਿੱਚ 2 ਲੱਖ 38 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਪਲੇਸਮੈਂਟ ਦੇ ਮੌਕੇ ਪ੍ਰਦਾਨ ਕੀਤੇ ਗਏ।
ਸਿਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੀ ਵਚਨਬੱਧ ਹੈ। ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ। 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪਿਛਲੇ ਦੋ ਸਾਲਾਂ ਵਿੱਚ 24ਹਜਾਰ 164 ਖਿਡਾਰੀਆਂ ਨੂੰ 75 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਵੰਡੀ ਗਈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਉਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਆਈ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਵੱਲੋਂ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਤੋਂ ਹਨ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ, ਜਿਸ ਤਹਿਤ ਸੂਬੇ ਦੇ ਹਰ ਬਾਸ਼ਿੰਦੇ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ‘ਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਲੈਬ ਟੈਸਟ ਦੀਆਂ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਕਰੀਬ 1 ਕਰੋੜ 70 ਲੱਖ ਲੋਕ ਇਲਾਜ ਦੀ ਸਹੂਲਤ ਲੈ ਚੁੱਕੇ ਹਨ।
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ 14 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੀਆਂ 58 ਹੋਰ ਨਵੀਆਂ ਹਾਈਟੈੱਕ ਐਂਬੂਲੈਂਸਾਂ ਪਿਛਲੇ ਦਿਨੀਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ ਜਿਸ ਪਿੱਛੋਂ ਸੂਬੇ ਵਿੱਚ ਕੁੱਲ 325 ਹਾਈ-ਟੈਕ ਐਂਬੂਲੈਂਸਾਂ ਲੋਕਾਂ ਦੀ ਸੇਵਾ ਵਿੱਚ ਤੈਨਾਤ ਹਨ। ਇੰਨ੍ਹਾਂ ਐਂਬੂਲੈਂਸਾਂ ਦੀ ਮਰੀਜ਼ਾਂ ਤੱਕ ਪਹੁੰਚ ਲਈ ਸ਼ਹਿਰੀ ਖੇਤਰਾਂ ਵਿੱਚ 15 ਮਿੰਟ ਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ ਅਤੇ ਐਂਬੂਲੈਸਾਂ ਦੀ ਰੀਅਲ-ਟਾਈਮ ਟਰੈਕਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।