punjab

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਸੋਮਵਾਰ ਨੂੰ ਇਥੇ ਹੋਈ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਅੰਤਰਿੰਗ ਕਮੇਟੀ ਦੀ ਇਹ ਮੀਟਿੰਗ ਅੱਜ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਸ਼ੁਰੂ ਹੋਈ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।

ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤੇ ਗਏ ਇਸ ਸਬੰਧੀ ਫ਼ੈਸਲੇ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕੀਤੀ ਹੈ

ਮਿਲੀ ਜਾਣਕਾਰੀ ਦੇ ਮੁਤਾਬਕ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਿਲ ਵਿਰੋਧੀ ਧਿਰ ਨਾਲ ਸਬੰਧਤ ਤਿੰਨ ਮੈਂਬਰਾਂ ਵੱਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਪਰ ਮੀਟਿੰਗ ਵਿੱਚ ਇਹ ਫ਼ੈਸਲਾ ਬਹੁਮਤ ਦੇ ਆਧਾਰ ’ਤੇ ਕੀਤਾ ਗਿਆ। ਇਸ ਸਬੰਧ ਵਿੱਚ ਤਿੰਨ ਮੈਂਬਰੀ ਜਾਂਚ ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਪੇਸ਼ ਕੀਤੀ ਗਈ ਸੀ, ਜਿਸ ’ਤੇ ਵਿਚਾਰ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਖਤਮ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਸਾਬਕਾ ਰਿਸ਼ਤੇਦਾਰ ਵੱਲੋਂ ਉਨ੍ਹਾਂ ਦੇ ਖਿਲਾਫ ਗੰਭੀਰ ਦੋਸ਼ ਲਾਏ ਗਏ ਸਨ। ਇਸ ਵਿਅਕਤੀ ਨੇ ਆਪਣੇ ਦੋਸ਼ਾਂ ਸਬੰਧੀ ਇੱਕ ਸ਼ਿਕਾਇਤ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸੌਂਪਿਆ ਸੀ।

ਇਸ ਸ਼ਿਕਾਇਤ ਪੱਤਰ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਇਸ ਮਾਮਲੇ ਦੀ ਜਾਂਚ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਵਾਸਤੇ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਨੂੰ ਪਹਿਲਾਂ 15 ਦਿਨ ਦਾ ਸਮਾਂ ਅਤੇ ਬਾਅਦ ਵਿੱਚ ਇੱਕ ਮਹੀਨੇ ਦਾ ਹੋਰ ਸਮਾਂ ਵਧਾ ਦਿੱਤਾ ਗਿਆ ਸੀ। ਜਾਂਚ ਦੇ ਮੱਦੇਨਜ਼ਰ ਹੀ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਰੋਕ ਦਿੱਤੀਆਂ ਗਈਆਂ ਸਨ ਅਤੇ ਉਨ੍ਹਾਂ ਦੀ ਥਾਂ ਇਹ ਸੇਵਾਵਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਨੂੰ ਸੌਂਪ ਦਿੱਤੀਆਂ ਗਈਆਂ ਸਨ।

ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਪਹਿਲਾਂ ਹੀ ਇਸ ਵਿਅਕਤੀ ਵੱਲੋਂ ਲਾਏ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ ਅਤੇ ਇਨ੍ਹਾਂ ਨੂੰ ਬੇਬੁਨਿਆਦ ਆਖ ਚੁੱਕੇ ਹਨ। ਉਨ੍ਹਾਂ ਲੱਗੇ ਦੋਸ਼ਾਂ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰੂ ਸਾਹਿਬ ਦੀ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸੰਗਤ ਦੇ ਸਾਹਮਣੇ ਆਪਣਾ ਸਪਸ਼ਟੀਕਰਨ ਵੀ ਦਿੱਤਾ ਸੀ। ਉਨ੍ਹਾਂ ਵੱਲੋਂ ਪਹਿਲਾਂ ਵੀ ਖ਼ਦਸ਼ਾ ਜ਼ਾਹਰ ਕੀਤਾ ਜਾ ਚੁੱਕਾ ਹੈ ਕਿ ਉਨ੍ਹਾਂ ਦੇ ਖਿਲਾਫ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਖ਼ਤਮ ਕੀਤਾ ਜਾ ਸਕਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਦੀ ਪੰਜ ਸਾਹਿਬਾਨ ਦੀ ਇਹ ਇੱਕ ਮੀਟਿੰਗ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਤਿੱਖੀ ਬਹਿਸ ਵੀ ਹੋਈ ਸੀ।

Related posts

ਭਗਵੰਤ ਮਾਨ ਸਰਕਾਰ ਵੱਲੋਂ 6 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ, ਪੜ੍ਹੋ ਕੈਬਨਿਟ ‘ਚ ਲਏ ਹੋਰ ਕਿਹੜੇ-ਕਿਹੜੇ ਫੈਸਲੇ

Gagan Deep

Punjab Pre-Monsoon: ਪੰਜਾਬ ‘ਚ ਸਵੇਰ ਤੋਂ ਬੱਦਲਵਾਈ, 2 ਦਿਨ ਛੱਮ-ਛੱਮ ਵਰ੍ਹੇਗਾ ਮੀਂਹ, IMD ਦਾ ਅਲਰਟ

Gagan Deep

ਬਠਿੰਡਾ ਸਣੇ ਦੇਸ਼ ਦੇ 440 ਜ਼ਿਲ੍ਹਿਆਂ ਦਾ ਧਰਤੀ ਹੇਠਲਾ ਪਾਣੀ ਦੂਸ਼ਿਤ

Gagan Deep

Leave a Comment