punjab

ਸ਼੍ਰੋਮਣੀ ਕਮੇਟੀ ਵੱਲੋਂ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਦਾ ਫ਼ੈਸਲਾ ਮੁਲਤਵੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਹੈ। ਇਸ ਮਾਮਲੇ ’ਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਵਿਚਾਰ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ’ਤੇ ਵੱਖ-ਵੱਖ ਧਿਰਾਂ ਵੱਲੋਂ ਇਤਰਾਜ਼ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਫਿਲਹਾਲ ਮੁਲਤਵੀ ਰੱਖਣ ਦਾ ਆਦੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਇਸ ਮਾਮਲੇ ਸਬੰਧੀ ਸਿੱਖਾਂ ਅੰਦਰ ਆਮਰਾਇ ਬਣਨੀ ਜ਼ਰੂਰੀ ਹੈ।ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਸਵੀਰ ਲਗਾਉਣ ਦੇ ਇਸ ਫੈਸਲੇ ਬਾਰੇ ਅੰਤ੍ਰਿੰਗ ਕਮੇਟੀ ਵਿਚ ਮੁੜ ਵਿਚਾਰ ਕੀਤਾ ਜਾਵੇਗਾ।

ਗ਼ੌਰਤਲਬ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਇਸ ਫੈਸਲੇ ਦਾ ਬਲਵੰਤ ਸਿੰਘ ਰਾਜੋਆਣਾ ਅਤੇ ਦਲ ਖਾਲਸਾ ਸਮੇਤ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਰਾਜੋਆਣਾ ਵੱਲੋਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖ ਕੇ ਇਸ ਫੈਸਲੇ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਅਤੇ ਉਸ ਨੇ ਆਖਿਆ ਡਾ. ਮਨਮੋਹਨ ਸਿੰਘ ਨੇ ਉਸ ਸਿਆਸੀ ਪਾਰਟੀ ਦੀ ਨੁਮਾਇੰਦਗੀ ਕੀਤੀ ਜੋ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਲਈ ਜ਼ਿੰਮੇਵਾਰ ਹੈ, ਉਹ ਉਸੇ ਪਾਰਟੀ ਦੇ ਪ੍ਰਤੀਨਿਧ ਵਜੋਂ ਪ੍ਰਧਾਨ ਮੰਤਰੀ ਬਣੇ ਜੋ 1984 ਵਿੱਚ ਸਿੱਖ ਕਤਲੇਆਮ ਅਤੇ ਸਾਕਾ ਨੀਲਾ ਤਾਰਾ ਲਈ ਦੋਸ਼ੀ ਹੈ।

ਇਸੇ ਤਰ੍ਹਾਂ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਵੀ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ’ਤੇ ਇਤਰਾਜ਼ ਕੀਤਾ ਸੀ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਇੱਕ ਸਿੱਖ ਸ਼ਖਸੀਅਤ ਜ਼ਰੂਰ ਸਨ, ਪਰ ਉਹਨਾਂ ਨੇ ਪ੍ਰਧਾਨ ਮੰਤਰੀ ਹੁੰਦਿਆਂ ਆਪਣੇ ਕਾਰਜ ਕਾਲ ਦੌਰਾਨ ਸਿੱਖ ਪੰਥ ਵਾਸਤੇ ਕੋਈ ਅਜਿਹਾ ਕਾਰਜ ਨਹੀਂ ਕੀਤਾ, ਜਿਸ ਲਈ ਉਹਨਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕੀਤੀ ਜਾਵੇ।

ਇਸ ਫੈਸਲੇ ਦੇ ਹੋ ਰਹੇ ਵਿਰੋਧ ਨੂੰ ਦੇਖਦਿਆਂ ਹੁਣ ਸ਼੍ਰੋਮਣੀ ਕਮੇਟੀ ਨੇ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕਰਨ ਦੇ ਫੈਸਲੇ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ।

Related posts

Jalandhar : ਅੱਤਵਾਦੀ ਲਖਬੀਰ ਲੰਡਾ ਦੀ ਮਾਂ-ਭੈਣ ਅਤੇ ਕਾਂਸਟੇਬਲ ਜੀਜਾ ਗ੍ਰਿਫਤਾਰ

Gagan Deep

ਆਪ ਵੱਲੋਂ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

Gagan Deep

LOK SABHA ELECTIONS 2024: ਅਦਾਲਤ ‘ਵਾਜ਼ ਮਾਰ ਰਹੀ ਹੈ, ਕੇਜਰੀਵਾਲ ਹਸਪਤਾਲ ‘ਚ ਜਾਣ ਦੀ ਤਿਆਰ ਕਰ ਰਿਹੈ : ਤਰੁਣ ਚੁਘ

Gagan Deep

Leave a Comment