ਆਕਲੈਂਡ (ਐੱਨ ਜੈੱਡ ਤਸਵੀਰ) ਆਕਲੈਂਡ ਦੇ ਪੂਰਬੀ ਇਲਾਕੇ ਪਾਕੁਰੰਗਾ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਲੱਗੀ ਭਿਆਨਕ ਅੱਗ ਨੇ ਇੱਕ ਇਮਾਰਤ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਜਦਕਿ ਇਸ ਘਟਨਾ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਅੱਗ ਇੰਨੀ ਭਿਆਨਕ ਸੀ ਕਿ ਘਰ ਵਿੱਚੋਂ ਉੱਠ ਰਹੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਘਣੇ ਬੱਦਲ ਕਈ ਕਿਲੋਮੀਟਰ ਦੂਰੋਂ ਵੀ ਸਪਸ਼ਟ ਤੌਰ ‘ਤੇ ਦਿੱਖ ਰਹੇ ਸਨ।
ਮਿਲੀ ਜਾਣਕਾਰੀ ਮੁਤਾਬਕ ਅੱਗ ਦੁਪਹਿਰ ਤੋਂ ਕੁਝ ਸਮੇਂ ਬਾਅਦ ਲੱਗੀ, ਜਿਸ ਤੋਂ ਬਾਅਦ ਤੁਰੰਤ ਫਾਇਰਫਾਈਟਰਾਂ, ਐਂਬੂਲੈਂਸ ਅਤੇ ਪੁਲਿਸ ਦੀਆਂ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਫਾਇਰ ਬ੍ਰਿਗੇਡ ਨੇ ਕਾਫ਼ੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ, ਪਰ ਤਦ ਤੱਕ ਇਮਾਰਤ ਪੂਰੀ ਤਰ੍ਹਾਂ ਸੜ ਚੁੱਕੀ ਸੀ।
ਐਮਰਜੈਂਸੀ ਸੇਵਾ ਪ੍ਰਦਾਤਾ ਸੇਂਟ ਜੌਨ ਵੱਲੋਂ ਦੱਸਿਆ ਗਿਆ ਹੈ ਕਿ ਅੱਗ ‘ਚ ਜ਼ਖਮੀ ਹੋਏ ਇੱਕ ਵਿਅਕਤੀ ਦੀ ਹਾਲਤ ਗੰਭੀਰ ਸੀ, ਜਿਸਨੂੰ ਤੁਰੰਤ ਇਲਾਜ ਲਈ ਮਿਡਲਮੋਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੌਰਾਨ ਹੋਰ ਕਿਸੇ ਜਾਨੀ ਨੁਕਸਾਨ ਦੀ ਕੋਈ ਪੁਸ਼ਟੀ ਨਹੀਂ ਹੋਈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨਿਊਜ਼ੀਲੈਂਡ ਪ੍ਰੋਫੈਸ਼ਨਲ ਫਾਇਰਫਾਈਟਰਜ਼ ਯੂਨੀਅਨ (NZPFU) ਵੱਲੋਂ ਚੱਲ ਰਹੀ ਹੜਤਾਲ ਕਾਰਨ ਫਾਇਰ ਸੇਵਾਵਾਂ ਪ੍ਰਭਾਵਿਤ ਸਨ। ਯੂਨੀਅਨ ਦੇ ਮੈਂਬਰਾਂ ਨੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਇੱਕ ਘੰਟੇ ਲਈ ਕੰਮ ਬੰਦ ਕੀਤਾ ਹੋਇਆ ਸੀ, ਜਿਸ ਕਰਕੇ ਅੱਗ ਬੁਝਾਉ ਕਾਰਵਾਈ ‘ਤੇ ਅਸਰ ਪੈਣ ਦੀ ਚਰਚਾ ਵੀ ਕੀਤੀ ਜਾ ਰਹੀ ਹੈ। ਹਾਲਾਂਕਿ ਅਧਿਕਾਰੀਆਂ ਵੱਲੋਂ ਇਸ ਬਾਰੇ ਕੋਈ ਅਧਿਕਾਰਕ ਬਿਆਨ ਹਜੇ ਤੱਕ ਜਾਰੀ ਨਹੀਂ ਕੀਤਾ ਗਿਆ।
ਸਥਾਨਕ ਵਸਨੀਕਾਂ ਨੇ ਦੱਸਿਆ ਕਿ ਅੱਗ ਦੀ ਤੀਬਰਤਾ ਬਹੁਤ ਜ਼ਿਆਦਾ ਸੀ ਅਤੇ ਕਈ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਨਿਕਲ ਆਏ। ਪੁਲਿਸ ਵੱਲੋਂ ਇਲਾਕੇ ਨੂੰ ਘੇਰਾਬੰਦੀ ਹੇਠ ਲਿਆ ਗਿਆ ਅਤੇ ਲੋਕਾਂ ਨੂੰ ਸੁਰੱਖਿਅਤ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ।
ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਾਇਰ ਅਧਿਕਾਰੀਆਂ ਵੱਲੋਂ ਪੂਰੀ ਰਿਪੋਰਟ ਤਿਆਰ ਕੀਤੀ ਜਾਵੇਗੀ।
Related posts
- Comments
- Facebook comments
